ਆਪ ਦੀ ਸਰਕਾਰ ‘ਚ ਫਸਲਾਂ ਤੇ ਕਿਸਾਨ ਮੰਡੀਆਂ ‘ਚ ਨਹੀਂ ਰੁਲਣਗੇ : ਕੁਲਵੰਤ ਸਿੰਘ
MLA ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ ‘ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਮੋਹਾਲੀ,10 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਇਸਦੇ ਨਾਲ ਉਨ੍ਹਾਂ ਨੇ ਹੀ ਪਿੰਡ ਭਾਗੋਮਾਜਰਾ ਦੀ ਅਨਾਜ਼ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ ਅਤੇ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |
ਸ. ਕੁਲਵੰਤ ਨੇ ਕਿਹਾ ਕਿ ਨੇ ਕਿਹਾ ਕਿ ਮੰਡੀਆਂ ‘ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।
ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ। ਕਿਸਾਨਾਂ ਨੇ ਵੀ ਫ਼ਸਲਾਂ ਦੀਆਂ ਗਿਰਦਾਰਵਰੀਆਂ ਨੂੰ ਲੈ ਕੇ ਸੰਤੁਸ਼ਟੀ ਪ੍ਰਗਟਾਈ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ 13 ਅਪ੍ਰੈਲ ਤੋਂ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ |
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਸਿਰਫ਼ ਮਾਨ ਸਰਕਾਰ ਦੀ ਆਲੋਚਨਾ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ |