ਬਿਜਲੀ ਦੇ ਰੇਟ 10 ਫੀਸਦੀ ਵਧਾ ਕੇ ਪੰਜਾਬ ਸਰਕਾਰ ਨੇ ਮੁੜ ਦਿਖਾਇਆ ਦੋਗਲਾ ਚਰਿੱਤਰ: ਕੁਲਜੀਤ ਸਿੰਘ ਬੇਦੀ
ਮੋਹਾਲੀ 31 ਮਾਰਚ (ਹਰਪ੍ਰੀਤ ਸਿੰਘ ਜੱਸੋਵਾਲ )
ਪਾਵਰਕੌਮ ਵਲੋਂ ਪੰਜਾਬ ਵਿੱਚ ਸਨਅਤਾਂ ਬਾਰੇ ਸਰਕੂਲਰ ਜਾਰੀ ਕਰਕੇ ਬਿਜਲੀ ਦਰਾਂ ਵਿੱਚ 10 ਫੀਸਦੀ ਦਾ ਵਾਧਾ ਕਰਨ ਦੀ ਨਿਖੇਧੀ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਜਿਹਾ ਕਰਕੇ ਇਕ ਵਾਰ ਮੁੜ ਆਪਣਾ ਦੋਗਲਾ ਚਰਿੱਤਰ ਉਜਾਗਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਾਵਰਕੌਮ ਵੱਲੋਂ ਜਾਰੀ ਕੀਤੇ ਸਰਕੂਲਰ ਵਿੱਚ ਉਦਯੋਗਾਂ ਤੋਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਨੁਸਾਰ 5.50 ਰੁਪਏ ਪ੍ਰਤੀ ਯੂਨਿਟ ਵਸੂਲੀ ਕਰਨ ਲਈ ਕਿਹਾ ਗਿਆ ਹੈ। ਇਸ ਨੀਤੀ ਦੇ ਉਪਬੰਧਾਂ ਦੇ ਅਨੁਸਾਰ, ਇਹ ਨੀਤੀ 17 ਅਕਤੂਬਰ 2022 ਤੋਂ ਲਾਗੂ ਹੋਵੇਗੀ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਦਯੋਗਾਂ ਵਿੱਚ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰਨ ਨਾਲ ਉਤਪਾਦਾਂ ਦੀ ਕੀਮਤ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦਾ ਬੋਝ ਆਮ ਆਦਮੀ ਦੀ ਜੇਬ ਉੱਤੇ ਹੀ ਪਵੇਗਾ ਕਿਉਂਕਿ ਉਦਯੋਗਪਤੀ ਇਨ੍ਹਾ ਉਤਪਾਦਾਂ ਤੇ ਵੈਟ ਵਧਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰਾਂ ਆਮ ਆਦਮੀ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਉਤੇ ਸਗੋਂ ਦੋਹਰਾ ਬੋਝ ਪਾਵੇਗੀ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਰ ਫਰੰਟ ਤੇ ਫੇਲ ਹੋ ਰਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਥਾਂ ਤੇ ਉਲਟਾ ਆਮ ਲੋਕਾਂ ਉਤੇ ਵਿੱਤੀ ਬੋਝ ਪਾਉਣ ਲੱਗ ਪਈ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ 18 ਸਾਲ ਤੋ ਉਪਰ ਦੀ ਹਰੇਕ ਮਹਿਲਾ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਤੱਕ ਇਹ ਵਾਅਦਾ ਵਫਾ ਨਹੀਂ ਹੋਇਆ ਜਦੋਂ ਕਿ ਸਰਕਾਰ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਬੇਹੱਦ ਤਣਾਅਪੂਰਨ ਹੋ ਚੁੱਕੀ ਹੈ।
ਉਨ੍ਹਾਂ ਮੰਗ ਕੀਤੀ ਕਿ ਉਦਯੋਗਾਂ ਵਿੱਚ ਬਿਜਲੀ ਦੇ ਰੇਟਾਂ ਵਿੱਚ ਕੀਤਾ ਗਿਆ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹੋਏ ਆਪਣੇ ਵਾਅਦੇ ਪੂਰੇ ਕਰੇ।