ਚੰਡੀਗੜ੍ਹ, 01 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਸੀਨੀਅਰ IAS ਅਧਿਕਾਰੀ ਵੀ.ਕੇ ਸਿੰਘ (VK Singh) ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ,ਅਹੁਦਾ ਸੰਭਾਲਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ (Chief Minister Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ,ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ,ਅਸਰਦਾਇਕ,ਪ੍ਰਭਾਵਸ਼ਾਲੀ,ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਜਾਵੇਗਾ,ਵੀ.ਕੇ ਸਿੰਘ (VK Singh) ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ,ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ,ਸਿਹਤ,ਰੋਜ਼ਗਾਰ,ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ,ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ,ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਸਿਵਲ,ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ,ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।