ਚੰਡੀਗੜ੍ਹ,6 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਗਠਜੋੜ ਦੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ। ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਸਪੱਸ਼ਟ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ।ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਭਾਜਪਾ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਸ਼੍ਰੋਮਣੀ ਅਕਾਲੀ ਦਲ ਨੇ ਸਤੰਬਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲ ਗਠਜੋੜ ਤੋੜ ਦਿੱਤਾ।
ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਭਾਜਪਾ-ਅਕਾਲੀ ਗਠਜੋੜ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ। ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਦੀ ਚਰਚਾ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸਮੂਹ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਦੋਵੇਂ ਪਾਰਟੀਆਂ ਮੁੜ ਗੱਠਜੋੜ ਕਰ ਲੈਣਗੀਆਂ।