ਪ੍ਰੋ. ਚੰਦੂਮਾਜਰਾ ਨੇ ਆਪ ਸਰਕਾਰ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਚ ਕਿਸਾਨਾਂ ਤੇ ਸ਼ਰਧਾਲੂਆਂ ’ਤੇ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ
ਕਿਹਾ ਕਿ ਕਿਸਾਨਾਂ ਤੇ ਸ਼ਰਧਾਲੂਆਂ ’ਤੇ ਤਸ਼ੱਦਦ ਢਾਹੁਣ ਨੇ ਲੋਕਾਂ ਨੂੰ ਕਾਂਗਰਸ ਦੀਆਂ ਕਾਰਵਾਈਆਂ ਤੇ ਬੇਅੰਤ ਸਿੰਘ ਦਾ ’ਰਾਜ’ ਚੇਤੇ ਕਰਵਾਇਆ
ਮੁਹਾਲੀ, 23 ਅਗਸਤ,(ਹਰਪ੍ਰੀਤ ਸਿੰਘ ਜੱਸੋਵਾਲ):- ਸਾਬਕਾ ਐਮ ਪੀ ਤੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਚ ਕਿਸਾਨਾਂ ਤੇ ਸ਼ਰਧਾਲੂਆਂ ’ਤੇ ਤਸ਼ੱਦਦ ਢਾਹੁਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਕਾਰਵਾਈ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਵੱਲੋਂ ਸਿੱਖਾਂ ’ਤੇ ਢਾਹੇ ਜਾਂਦੇ ਤਸ਼ੱਦਦ ਦੇ ਦਿਨ ਚੇਤੇ ਕਰਵਾ ਦਿੱਤੇ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਗੁਰਦੁਆਰਾ ਸਾਹਿਬਾਨ ਨੂੰ ਛਾਉਣੀ ਬਣਾ ਦਿੱਤਾ ਹੈ ਤੇ ਗੁਰਦੁਆਰਾ ਸਾਹਿਬਾਨ ਵਿਚੋਂ ਸ਼ਰਧਾਲੂ ਵੀ ਇਹ ਸੋਚ ਕੇ ਬਾਹਰ ਕੱਢ ਦਿੱਤੇ ਹਨ ਕਿ ਉਹ ਇਥੇ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਵਿਚ ਆਏ ਹੜ੍ਹਾਂ ਵਿਚ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਣ ਵਾਸਤੇ ਚੰਡੀਗੜ੍ਹ ਵਿਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਨ ਆਏ ਹਨ।
ਇਸ ਕਾਰਵਾਈ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਿੱਖ ਕੌਮ ਪ੍ਰਤੀ ਵਿਖਾਏ ਅਪਮਾਨ ਨੇ ਕੌਮ ਨੂੰ ਬੇਅੰਤ ਸਿੰਘ ਦਾ ’ਰਾਜ’ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਨ ਕਿ ਉਹ ਉਸੇ ਰਾਹ ਨਾ ਪੈਣ ਕਿਉਂਕਿ ਇਸਦੇ ਜੋ ਨਤੀਜੇ ਨਿਕਲਣਗੇ ਉਹ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਨਹੀਂ ਹੋਣਗੇ।
ਉਹਨਾਂ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਸੂਬਾ ਪੁਲਿਸ ਨੂੰ ਹੁਕਮ ਦੇਣ ਕਿ ਗੁਰਦੁਆਰਾ ਸਾਹਿਬ ਵਿਚ ਸ਼ਰਧਾ ਦੇ ਫੁੱਲ ਭੇਂਟ ਕਰਨ ਆਉਂਦੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਪ੍ਰਧਾਨ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿਚ ਸ਼ਰਧਾਲੂਆਂ ਨਾਲ ਬਦਸਲੂਕੀ ਕੀਤੇ ਜਾਣ ਤੇ ਉਹਨਾਂ ਨੂੰ ਗੁਰਦੁਆਰਾ ਸਾਹਿਬਾਨ ਵਿਚੋਂ ਕੱਢਣ ਦੇ ਮਾਮਲੇ ਨੂੰ ਚੁੱਕਣ ਤੇ ਸਖ਼ਤ ਰੋਸ ਦਰਜ ਕਰਵਾਉਣ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਵਿਚ ਫਿਰਕੂ ਸ਼ਾਂਤੀ ਕਿਸੇ ਤਰੀਕੇ ਭੰਗ ਨਾ ਹੋਵੇ।
ਇਕ ਸਵਾਲ ਦੇ ਜਵਾਬ ਵਿਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿਚ ਪਾਬੰਦੀ ਵਾਲੇ ਹੁਕਮ ਲਾਗੂ ਨਹੀਂ ਕਰਨੇ ਚਾਹੀਦੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਣ ਵਾਸਤੇ ਬਲ ਦੀ ਵਰਤੋਂ ਗੈਰ ਕਾਨੂੰਨੀ ਤੇ ਲੋਕਤੰਤਰੀ ਸਿਧਾਂਤਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਯੂ ਟੀ ਵਿਚ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦੇ ਦਿੱਤੀ ਸੀ ਪਰ ਪੰਜਾਬ ਸਰਕਾਰ ਉਹਨਾਂ ਨੂੰ ਯੂ ਟੀ ਵਿਚ ਦਾਖਲ ਹੋਣ ਤੋਂ ਰੋਕਣ ਦਾ ਯਤਨ ਕਰ ਰਹੀ ਹੈਜੋ ਗਲਤ ਹੈ।
ਇਸ ਦੌਰਾਨ ਅਕਾਲੀ ਆਗੂ ਨੇ ਕਿਸਾਨ ਜਥੇਬੰਦੀਆਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਲਈ ਨਿਆਂ ਹਾਸਲ ਕਰਨ ਦੀ ਲੜਾਈ ਵਿਚ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਆਪ ਸਰਕਾਰ ’ਤੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਵਾਸਤੇ ਦਬਾਅ ਪਾਉਣ ਲਈ ਮੁਹਿੰਮ ਬੀਤੇ ਕੱਲ੍ਹ ਦੇਵੀਗੜ੍ਹ ਤੋਂ ਸ਼ੁਰੂ ਕੀਤੀ ਸੀ ਜੋ ਸੂਬੇ ਭਰ ਵਿਚ ਵਧਾਈ ਜਾਵੇਗੀ।
ਉਹਨਾਂ ਕਿਹਾ ਕਿ ਭਾਵੇਂ ਸਰਕਾਰ ਨੇ ਧਰਨੇ ਮਗਰੋਂ ਦਬਾਅ ਹੇਠ ਆ ਕੇ 186 ਕਰੋੜ ਰੁਪਏ ਜਾਰੀ ਕੀਤੇ ਹਨ ਪਰ ਇਹ ਬਹੁਤ ਘੱਟ ਹਨ।
ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਿਹਨਾਂ ਕਿਸਾਨਾਂ ਦੀ ਫਸਲ ਤਬਾਹ ਹੋਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਤੇ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ, ਉਹਨਾਂ ਨੂੰ 2 ਲੱਖ ਰੁਪਏ ਦਿੱਤੇ ਜਾਣ। ਉਹਨਾਂ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲਣਾ ਚਾਹੀਦਾ ਹੈ।ਪ੍ਰੋ. ਚੰਦੂਮਾਜਰਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਤੱਕ ਸਰਕਾਰ ਉਹਨਾਂ ਨੂੰ ਮੁਆਵਜ਼ਾ ਨਹੀਂ ਦਿੰਦੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਪਿੰਡਾਂ ਵਿਚ ਨਾ ਵੜਨ ਦਿੱਤਾ ਜਾਵੇ।ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਵੀ ਮੌਜੂਦ ਸਨ।