Chandigarh,25 July,(Harpreet Singh Jassowal):- ਪੰਜਾਬ ਨੂੰ 2025 ਤੱਕ ‘‘ਟੀਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Panchayat Minister Laljit Singh Bhullar) ਨੇ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਚੋਂ ਟੀਬੀ (TB) ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਚੋਂ ਟੀਬੀ ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਕੈਂਪਾਂ ਲਾਉਣ ਅਤੇ “ਟੀਬੀ-ਮੁਕਤ ਪਿੰਡ” ਐਲਾਨਣ ਸਬੰਧੀ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਾਬੰਦ ਹੋਣਗੀਆਂ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ‘‘ਟੀਬੀ-ਮੁਕਤ ਪਿੰਡ ਮੁਹਿੰਮ’’ (“TB Free Village Campaign”) ਤਹਿਤ ਸਾਰੀਆਂ ਪੰਚਾਇਤਾਂ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਟੀਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਇਲਾਜ ਯਕੀਨੀ ਬਣਾਉਣਗੀਆਂ,ਇਸ ਤੋਂ ਇਲਾਵਾ ਬੀਮਾਰੀ ਨਾਲ ਜੁੜੇ ਭਰਮ-ਭੁਲੇਖਿਆਂ ਨਾਲ ਨਜਿੱਠਣ ਲਈ ਵਿਭਾਗ ਦੀ ਸਹਾਇਤਾ ਕਰਨਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।